ਕੈਨੇਡਾ ‘ਚ 2 ਗੁਰਦੁਆਰਾ ਸਾਹਿਬਾਂ ਨੂੰ ਮਿਲੀ ਢਾਹੁਣ ਦੀ ਧਮਕੀ, ਪੁਲਿਸ ਵੱਲੋਂ ਜਾਂਚ ਸ਼ੁਰੂ
ਕੈਨੇਡਾ ਦੇ ਕੈਲਗਰੀ ਸਥਿਤ ਪ੍ਰਮੁੱਖ ਸਿੱਖ ਧਾਰਮਿਕ ਅਸਥਾਨ 'ਦਸ਼ਮੇਸ਼ ਕਲਚਰ ਸੈਂਟਰ' ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਲਗਾਤਾਰ ਆ ਰਹੀਆਂ ਇਨ੍ਹਾਂ ਨਸਲੀ ਅਤੇ ਧਮਕੀ ਭਰੀਆਂ ਫ਼ੋਨ ਕਾਲਾਂ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ।
ਕੈਨੇਡਾ ਦੇ ਕੈਲਗਰੀ ਸਥਿਤ ਪ੍ਰਮੁੱਖ ਸਿੱਖ ਧਾਰਮਿਕ ਅਸਥਾਨ ‘ਦਸ਼ਮੇਸ਼ ਕਲਚਰ ਸੈਂਟਰ’ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਲਗਾਤਾਰ ਆ ਰਹੀਆਂ ਇਨ੍ਹਾਂ ਨਸਲੀ ਅਤੇ ਧਮਕੀ ਭਰੀਆਂ ਫ਼ੋਨ ਕਾਲਾਂ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਤੋਂ ਬਾਅਦ ਇਹਤਿਆਤ ਵਜੋਂ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਵਾਧੂ ਸੁਰੱਖਿਆ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ। ਸਥਾਨਕ ਲੋਕਾਂ ਅਤੇ ਪ੍ਰਬੰਧਕਾਂ ਅਨੁਸਾਰ, ਉਸੇ ਫ਼ੋਨ ਨੰਬਰ ਤੋਂ ਕੈਨੇਡਾ ਦੇ ਸਵਾਨਾ ਸਥਿਤ ‘ਗੋਬਿੰਦ ਸਰਵਰ’ ਗੁਰਦੁਆਰਾ ਸਾਹਿਬ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀ ਭਰੀਆਂ ਕਾਲਾਂ ਆਉਣ ਦੀ ਗੱਲ ਸਾਹਮਣੇ ਆਈ ਹੈ।
ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕੈਲਗਰੀ ਪੁਲਿਸ ਨੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਫ਼ਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਭਾਈਚਾਰੇ ਜਾਂ ਦੋਵਾਂ ਵਿੱਚੋਂ ਕਿਸੇ ਵੀ ਗੁਰਦੁਆਰਾ ਸਾਹਿਬ ਨੂੰ ਕਿਸੇ ਤਤਕਾਲੀ ਜਾਂ ਸਰਗਰਮ ਖ਼ਤਰੇ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਕੌਣ ਸਨ ਅਤੇ ਉਨ੍ਹਾਂ ਦਾ ਅਸਲ ਮਕਸਦ ਕੀ ਸੀ।
46 ਸਾਲ ਪੁਰਾਣਾ ਹੈ ਦਸ਼ਮੇਸ਼ ਕਲਚਰ ਸੈਂਟਰ ਦਾ ਇਤਿਹਾਸ
ਦੱਸਣਯੋਗ ਹੈ ਕਿ ‘ਦਸ਼ਮੇਸ਼ ਕਲਚਰ ਸੈਂਟਰ’ ਦਾ ਇਤਿਹਾਸ ਬੇਹੱਦ ਸ਼ਾਨਦਾਰ ਅਤੇ ਗੌਰਵਮਈ ਰਿਹਾ ਹੈ। ਇਸ ਅਸਥਾਨ ਦੀ ਨੀਂਹ ਲਗਭਗ 46 ਸਾਲ ਪਹਿਲਾਂ ਰੱਖੀ ਗਈ ਸੀ। ਇਹ ਗੁਰਦੁਆਰਾ ਸਾਹਿਬ ਮੌਜੂਦਾ ਸਮੇਂ 15 ਹਜ਼ਾਰ ਤੋਂ ਵੱਧ ਰਜਿਸਟਰਡ ਮੈਂਬਰਾਂ ਅਤੇ ਕੈਲਗਰੀ ਵਿੱਚ ਰਹਿੰਦੇ ਲਗਭਗ ਇੱਕ ਲੱਖ ਤੋਂ ਵੱਧ ਸਿੱਖ ਪ੍ਰਵਾਸੀਆਂ ਦੀਆਂ ਧਾਰਮਿਕ ਅਤੇ ਸਮਾਜਿਕ ਲੋੜਾਂ ਨੂੰ ਪੂਰਾ ਕਰਦਾ ਹੈ।
ਇਸ ਅਹਿਮ ਧਾਰਮਿਕ ਸਥਾਨ ਨੂੰ ਢਾਹੁਣ ਦੀ ਮਿਲੀ ਧਮਕੀ ਕਾਰਨ ਕੈਲਗਰੀ ਹੀ ਨਹੀਂ, ਸਗੋਂ ਸਮੁੱਚੇ ਕੈਨੇਡਾ ਵਿੱਚ ਵਸਦੇ ਪੰਜਾਬੀ ਭਾਈਚਾਰੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਸਥਾਨਕ ਪ੍ਰਸ਼ਾਸਨ ਨੇ ਵੀ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ। ਕੈਲਗਰੀ ਦੇ ਮੇਅਰ ਜੇਰੋਮੀ ਫਾਰਕਾਸ ਨੇ ਇਸ ਕਾਇਰਤਾਪੂਰਨ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੈਲਗਰੀ ਸ਼ਹਿਰ ਵਿੱਚ ਨਫ਼ਰਤ, ਡਰ ਜਾਂ ਕੱਟੜਪੰਥੀ ਸੋਚ ਲਈ ਕੋਈ ਥਾਂ ਨਹੀਂ ਹੈ।
ਮੇਅਰ ਨੇ ਸਿੱਖ ਭਾਈਚਾਰੇ ਨਾਲ ਪੂਰੀ ਹਮਦਰਦੀ ਅਤੇ ਇਕਜੁੱਟਤਾ ਪ੍ਰਗਟ ਕਰਦੇ ਹੋਏ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਣ ਦਾ ਭਰੋਸਾ ਦਿੱਤਾ ਹੈ। ਮੌਜੂਦਾ ਸਮੇਂ ਦਸ਼ਮੇਸ਼ ਕਲਚਰ ਸੈਂਟਰ ਅਤੇ ਦੂਜੇ ਗੁਰਦੁਆਰਾ ਸਾਹਿਬ ਵਿਖੇ ਵਾਧੂ ਨਿੱਜੀ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਆਉਣ-ਜਾਣ ਵਾਲੇ ਸਾਰੇ ਵਾਹਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ
ਪਹਿਲਾਂ ਪਾਰਕਿੰਗ ਖ਼ਾਲੀ ਕਰਨ ਲਈ ਕਿਹਾ, ਫਿਰ ਦਿੱਤੀ ਧਮਕੀ
‘ਦਸ਼ਮੇਸ਼ ਕਲਚਰ ਸੈਂਟਰ’ ਦੇ ਚੇਅਰਮੈਨ ਰਣਬੀਰ ਸਿੰਘ ਪਰਮਾਰ ਨੇ ਘਟਨਾ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਫ਼ਤਰ ਵਿੱਚ ਲਗਾਤਾਰ ਦੋ ਸ਼ੱਕੀ ਫ਼ੋਨ ਕਾਲਾਂ ਆਈਆਂ। ਪਹਿਲੀ ਕਾਲ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਤੁਰੰਤ ਖ਼ਾਲੀ ਕਰਨ ਲਈ ਕਿਹਾ। ਉਸ ਨੇ ਦਾਅਵਾ ਕੀਤਾ ਕਿ ਉੱਥੇ ਕੁਝ ਤਾਰਾਂ ਵਿਛਾਉਣ (ਉਸਾਰੀ ਦਾ ਕੰਮ) ਦਾ ਕਾਰਜ ਕੀਤਾ ਜਾਣਾ ਹੈ।
ਇਸ ਤੋਂ ਕੁਝ ਸਮੇਂ ਬਾਅਦ ਇੱਕ ਹੋਰ ਵਿਅਕਤੀ ਨੇ ਫ਼ੋਨ ਕਰਕੇ ਖ਼ੁਦ ਨੂੰ ਇੱਕ ਕੰਸਟ੍ਰਕਸ਼ਨ ਕੰਪਨੀ ਦਾ ਸੀਈਓ (CEO) ਦੱਸਿਆ। ਉਸ ਨੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਬੀਰ ਸਿੰਘ ਪਰਮਾਰ ਨਾਲ ਗੱਲ ਕਰਦਿਆਂ ਸਿੱਧੇ ਤੌਰ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੁਣ ਦੀ ਧਮਕੀ ਦਿੱਤੀ। ਰਣਬੀਰ ਪਰਮਾਰ ਨੇ ਇਹ ਵੀ ਦੱਸਿਆ ਕਿ ਉਸੇ ਨੰਬਰ ਤੋਂ ਸਵਾਨਾ ਦੇ ‘ਗੋਬਿੰਦ ਸਰਵਰ’ ਗੁਰਦੁਆਰਾ ਸਾਹਿਬ ਨੂੰ ਵੀ ਇਸੇ ਤਰ੍ਹਾਂ ਦਾ ਧਮਕੀ ਭਰਿਆ ਫ਼ੋਨ ਆਇਆ ਸੀ।
ਕੈਲਗਰੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ
ਕੈਲਗਰੀ ਪੁਲਿਸ ਸਰਵਿਸ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਅਧਿਕਾਰਤ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਿਰਫ਼ ‘ਦਸ਼ਮੇਸ਼ ਕਲਚਰ ਸੈਂਟਰ’ ਹੀ ਨਹੀਂ, ਸਗੋਂ ਨਜ਼ਦੀਕੀ ਇੱਕ ਹੋਰ ਗੁਰਦੁਆਰਾ ਸਾਹਿਬ ਨੂੰ ਵੀ ਇਹੋ ਜਿਹੀ ਧਮਕੀ ਮਿਲੀ ਸੀ। ਪੁਲਿਸ ਹੁਣ ਕਾਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਸੰਬੰਧਿਤ ਫ਼ੋਨ ਨੰਬਰਾਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਕਿਸੇ ਦੀ ਸ਼ਰਾਰਤ ਸੀ ਜਾਂ ਇਸ ਪਿੱਛੇ ਕੋਈ ਡੂੰਘੀ ਨਫ਼ਰਤੀ ਸਾਜ਼ਿਸ਼ ਕੰਮ ਕਰ ਰਹੀ ਸੀ।
