ਖਾਲਿਸਤਾਨ ਵਿਵਾਦ: ਕੈਨੇਡਾ ਦੀ ਕਾਰਵਾਈ ਤੋਂ ਅਮਰੀਕਾ ਚਿੰਤਤ, ਭਾਰਤ ਨੂੰ ਕੀਤੀ ਇਹ ਅਪੀਲ

Published: 

20 Sep 2023 11:07 AM

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਪੀਐਮ ਟਰੂਡੋ ਦੇ ਦੋਸ਼ਾਂ ਤੋਂ ਚਿੰਤਤ ਹਾਂ। ਅਸੀਂ ਚਾਹੁੰਦੇ ਹਾਂ ਕਿ ਇਸ ਮਾਮਲੇ ਦੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਅਸੀਂ ਭਾਰਤ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ। ਦੱਸ ਦੇਈਏ ਕਿ ਟਰੂਡੋ ਨੇ ਸੋਮਵਾਰ ਨੂੰ ਦੋਸ਼ ਲਾਇਆ ਸੀ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ।

ਖਾਲਿਸਤਾਨ ਵਿਵਾਦ: ਕੈਨੇਡਾ ਦੀ ਕਾਰਵਾਈ ਤੋਂ ਅਮਰੀਕਾ ਚਿੰਤਤ, ਭਾਰਤ ਨੂੰ ਕੀਤੀ ਇਹ ਅਪੀਲ
Follow Us On

ਖਾਲਿਸਤਾਨ ਵਿਵਾਦ ਨੂੰ ਲੈ ਕੇ ਕੈਨੇਡਾ ਦੇ ਇਲਜ਼ਾਮਾਂ ‘ਤੇ ਅਮਰੀਕਾ ਨੇ ਚਿੰਤਾ ਪ੍ਰਗਟਾਈ ਹੈ। ਜੋਅ ਬਿਡੇਨ ਪ੍ਰਸ਼ਾਸਨ ਨੇ ਕਿਹਾ ਕਿ ਉਹ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਤੋਂ ਚਿੰਤਤ ਹੈ। ਅਮਰੀਕਾ ਨੇ ਭਾਰਤ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਟਰੂਡੋ ਦੇ ਦੋਸ਼ਾਂ ਤੋਂ ਚਿੰਤਤ ਹਾਂ। ਅਸੀਂ ਚਾਹੁੰਦੇ ਹਾਂ ਕਿ ਇਸ ਮਾਮਲੇ ਦੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਅਸੀਂ ਭਾਰਤ ਨੂੰ ਇਸ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ।

ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ – PM ਟਰੂਡੋ

ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦੋਸ਼ ਲਾਇਆ ਸੀ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ। ਕੈਨੇਡਾ ਸਰਕਾਰ ਨੇ ਭਾਰਤ ਦੀ ਸ਼ਮੂਲੀਅਤ ਦੀ ਜਾਂਚ ਦੇ ਮੱਦੇਨਜ਼ਰ ਕੈਨੇਡਾ ਵਿੱਚ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਕੱਢ ਦਿੱਤਾ ਸੀ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਕੈਨੇਡੀਅਨ ਪੀਐਮ ਟਰੂਡੋ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਟਰੂਡੋ ਦੇ ਦੋਸ਼ ਝੂਠੇ ਹਨ। ਇਸ ਤੋਂ ਬਾਅਦ ਭਾਰਤ ਨੇ ਨਵੀਂ ਦਿੱਲੀ ਵਿੱਚ ਕੈਨੇਡੀਅਨ ਡਿਪਲੋਮੈਟ ਕੈਮਰਨ ਮੈਕੇ ਨੂੰ ਵੀ ਬਰਖਾਸਤ ਕਰ ਦਿੱਤਾ ਸੀ।

ਭਾਰਤ ਨੇ ਕੈਨੇਡਾ ਦੇ ਖਿਲਾਫ ਜਵਾਬੀ ਕਾਰਵਾਈ ਕੀਤੀ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ‘ਤੇ ਕੈਨੇਡਾ ‘ਚ ਕਿਸੇ ਵੀ ਤਰ੍ਹਾਂ ਦੀ ਹਿੰਸਾ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਉਣਾ ਹਾਸੋਹੀਣਾ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਅਸੀਂ ਆਪਣੀਆਂ ਜਮਹੂਰੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਹਾਂ। ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਸੀ। ਦੱਸ ਦੇਈਏ ਕਿ ਖਾਲਿਸਤਾਨ ਟਾਈਗਰ ਫੋਰਸ (KTF) ਦੇ ਮੁਖੀ ਅਤੇ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ‘ਤੇ 10 ਲੱਖ ਰੁਪਏ ਦਾ ਨਕਦ ਇਨਾਮ ਸੀ।

ਵਿਗੜ ਸਕਦੇ ਹਨ ਭਾਰਤ-ਕੈਨੇਡਾ ਦੇ ਸਬੰਧ

ਪੀਐਮ ਜਸਟਿਨ ਟਰੂਡੋ ਦੇ ਇਸ ਬਿਆਨ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਪੁਰਾਣੇ ਰਿਸ਼ਤੇ ਵਿਗੜ ਸਕਦੇ ਹਨ। ਕੈਨੇਡਾ ਨੇ ਭਾਰਤ ‘ਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿੱਚ ਉਨ੍ਹਾਂ ਨੇ ਆਪਣੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਐਡਵਾਈਜਰੀ ਵਿੱਚ ਕਿਹਾ ਗਿਆ ਹੈ ਕਿ ਹਾਲਾਤ ਕਦੇ ਵੀ ਬਦਲ ਸਕਦੇ ਹਨ ਇਸ ਲਈ ਸੁਚੇਤ ਰਹੋ। ਮੀਡੀਆ ‘ਤੇ ਨਜ਼ਰ ਰੱਖੋ ਅਤੇ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੋ।