ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਕੈਨੇਡਾ ਵੱਲੋਂ ਭਾਰਤ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਵਿਵਾਦ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ ਵਿੱਚ ਵੀ ਖਾਲਿਸਤਾਨੀਆਂ ਦੀ ਦਹਿਸ਼ਤ ਵਧਦੀ ਨਜ਼ਰ ਆ ਰਹੀ ਹੈ। ਸਕਾਟਲੈਂਡ ਵਿੱਚ ਕੁਝ ਖਾਲਿਸਤਾਨੀ ਸਮਰਥਕਾਂ ਨੇ ਅਚਾਨਕ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਘੇਰ ਲਿਆ। ਉਹ ਗੁਰਦੁਆਰਾ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰੋਕ ਲਿਆ ਗਿਆ। ਭਾਰਤੀ ਰਾਜਦੂਤ ਗੁਰਦੁਆਰੇ ਦੇ ਸੱਦੇ ‘ਤੇ ਉਥੇ ਪਹੁੰਚੇ ਸਨ।
ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਖਾਲਿਸਤਾਨੀ ਸਮਰਥਕਾਂ ਨੇ ਹਾਈ ਕਮਿਸ਼ਨਰ ਨੂੰ ਕਾਰ ਤੋਂ ਹੇਠਾਂ ਨਹੀਂ ਉਤਰਨ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਪਹੁੰਚੇ ਤਾਂ ਕੁਝ ਲੋਕ ਉਨ੍ਹਾਂ ਕੋਲ ਆਏ ਅਤੇ ਕਹਿਣ ਲੱਗੇ ਕਿ ਉਨ੍ਹਾਂ ਦਾ ਇੱਥੇ ਸਵਾਗਤ ਨਹੀਂ ਹੈ। ਬ੍ਰਿਟੇਨ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਦੁਰਵਿਵਹਾਰ ਕੀਤਾ ਹੋਵੇ।
ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ‘ਤੇ ਹੋਇਆ ਸੀ ਹਮਲਾ
ਭਾਰਤ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਸਿੱਖ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਬ੍ਰਿਟੇਨ ਵਿੱਚ ਵੀ ਖਾਲਿਸਤਾਨੀ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਕੁਝ ਦਿਨ ਪਹਿਲਾਂ ਹੀ ਖਾਲਿਸਤਾਨੀ ਸਮਰਥਕਾਂ ਨੇ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ‘ਤੇ ਹਮਲਾ ਕੀਤਾ ਸੀ। ਇੱਥੇ ਖਾਲਿਸਤਾਨੀਆਂ ਨੇ ਭਾਰਤ ਦਾ ਝੰਡਾ ਉਤਾਰ ਕੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ।
ਨਿੱਝਰ ਕਤਲ ਕੇਸ ‘ਚ ਭਾਰਤ ਨੇ ਟਰੂਡੋ ਤੋਂ ਮੰਗੇ ਸਬੂਤ
ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਇਸ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਰੂਡੋ ਤੋਂ ਸਬੂਤ ਮੰਗੇ ਹਨ। ਵਿਦੇਸ਼ ਮੰਤਰੀ ਜੈਸ਼ੰਕਰ ਆਪਣੇ ਅਮਰੀਕੀ ਦੌਰੇ ‘ਤੇ ਹਨ ਜਿੱਥੇ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਵਿਲੀਅਨ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਕੋਲ ਕੋਈ ਸਬੂਤ ਹਨ ਤਾਂ ਉਹ ਸਾਨੂੰ ਦਿਖਾਵੇ।