ਆਪ੍ਰੇਸ਼ਨ ਸਿੰਦੂਰ ‘ਚ ਨਹੀਂ ਹੋਇਆ ਕੋਈ ਵਿਚੋਲਗੀ ਪ੍ਰਸਤਾਵ, ਪਾਕਿਸਤਾਨ ਨੇ ਖੁਦ ਟਰੰਪ ਦੇ ਦਾਅਵੇ ਦੀ ਖੋਲ੍ਹੀ ਪੋਲ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਭਾਰਤ ਨਾਲ ਗੱਲਬਾਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਕਈ ਵਾਰ ਭਾਰਤ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਨਾਲ ਸਬੰਧ ਵਿਗੜਨ ਤੋਂ ਬਾਅਦ, ਪਾਕਿਸਤਾਨ ਦੇ ਹਾਲਾਤ ਹੋਰ ਵੀ ਵਿਗੜ ਗਏ ਹਨ।
ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਸੰਘਰਸ਼ ਤੋਂ ਕਈ ਮਹੀਨਿਆਂ ਬਾਅਦ, ਪਾਕਿਸਤਾਨੀ ਵਿਦੇਸ਼ ਮੰਤਰੀ ਇਸਹਾਕ ਡਾਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਭਾਰਤ ਨਾਲ ਗੱਲ ਕਰਨਾ ਚਾਹੁੰਦੇ ਹਾਂ, ਪਰ ਸਾਨੂੰ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਜਵਾਬ ਨਹੀਂ ਮਿਲ ਰਿਹਾ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਇੱਕ ਪ੍ਰੋਗਰਾਮ ਦੌਰਾਨ ਜਨਤਕ ਤੌਰ ‘ਤੇ ਇਹ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਕਦੇ ਵੀ ਕਿਸੇ ਤੀਜੀ ਧਿਰ ਦੀ ਵਿਚੋਲਗੀ ਲਈ ਸਹਿਮਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਭਾਰਤ ਨਾਲ ਤੀਜੀ ਧਿਰ ਦੀ ਵਿਚੋਲਗੀ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ, ਟਰੰਪ ਕਈ ਵਾਰ ਵਿਚੋਲਗੀ ਦਾ ਦਾਅਵਾ ਕਰ ਚੁੱਕੇ ਹਨ। ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਇਸ ਬਿਆਨ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਟਰੰਪ ਦੇ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ।
ਗੱਲਬਾਤ ਰਾਹੀਂ ਹੀ ਨਿਕਲੇਗਾ ਹੱਲ
ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਭਾਰਤ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ। ਗੱਲਬਾਤ ਉਸੇ ਤਰ੍ਹਾਂ ਹੋਵੇਗੀ ਜਿਵੇਂ ਭਾਰਤ ਚਾਹੁੰਦਾ ਹੈ, ਪਰ ਅਸੀਂ ਇਸ ਲਈ ਭੀਖ ਨਹੀਂ ਮੰਗਾਂਗੇ। ਜੇਕਰ ਕੋਈ ਦੇਸ਼ ਗੱਲ ਕਰਨਾ ਚਾਹੁੰਦਾ ਹੈ, ਤਾਂ ਅਸੀਂ ਇਸ ਦਾ ਸਵਾਗਤ ਕਰਾਂਗੇ। ਕਿਉਂਕਿ ਹੱਲ ਗੱਲਬਾਤ ਰਾਹੀਂ ਹੀ ਨਿਕਲਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਇੱਕ ਸ਼ਾਂਤੀ ਪਸੰਦ ਦੇਸ਼ ਹੈ। ਜੇਕਰ ਭਾਰਤ ਗੱਲ ਨਹੀਂ ਕਰਨਾ ਚਾਹੁੰਦਾ, ਤਾਂ ਅਸੀਂ ਉਨ੍ਹਾਂ ‘ਤੇ ਦਬਾਅ ਵੀ ਨਹੀਂ ਪਾਵਾਂਗੇ।
ਟਰੰਪ 30 ਤੋਂ ਵੱਧ ਵਾਰ ਕਰ ਚੁੱਕੇ ਹਨ ਦਾਅਵਾ
10 ਮਈ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ। ਦਰਅਸਲ, ਉਨ੍ਹਾਂ ਨੇ 30 ਤੋਂ ਵੱਧ ਵਾਰ ਦਾਅਵਾ ਕੀਤਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋਈ ਹੈ। ਟਰੰਪ ਨੇ ਕਈ ਪਲੇਟਫਾਰਮਾਂ ਤੋਂ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਖਤਮ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਦੋਵੇਂ ਦੇਸ਼ ਟਕਰਾਅ ਬੰਦ ਕਰ ਦਿੰਦੇ ਹਨ, ਤਾਂ ਅਮਰੀਕਾ ਉਨ੍ਹਾਂ ਨਾਲ ਵਪਾਰ ਵਧਾਏਗਾ।
ਭਾਰਤ ਨੇ ਹਰ ਵਾਰ ਟਰੰਪ ਦੇ ਦਾਅਵਿਆਂ ਨੂੰ ਨਕਾਰਿਆ
ਭਾਰਤ ਟਰੰਪ ਦੇ ਜੰਗਬੰਦੀ ਦੇ ਦਾਅਵਿਆਂ ਨੂੰ ਲਗਾਤਾਰ ਨਕਾਰਦਾ ਆ ਰਿਹਾ ਹੈ। ਭਾਰਤ ਦਾ ਕਹਿਣਾ ਹੈ ਕਿ ਜੰਗਬੰਦੀ ਦਾ ਫੈਸਲਾ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO) ਵਿਚਕਾਰ ਸਿੱਧੀ ਗੱਲਬਾਤ ਤੋਂ ਬਾਅਦ ਲਿਆ ਗਿਆ ਸੀ। ਇਸ ਪੂਰੇ ਮਾਮਲੇ ਵਿੱਚ ਟਰੰਪ ਦੀ ਕੋਈ ਭੂਮਿਕਾ ਨਹੀਂ ਹੈ। ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਵੀ ਟਰੰਪ ਦੇ ਦਾਅਵਿਆਂ ਦਾ ਪਰਦਾਫਾਸ਼ ਕੀਤਾ ਹੈ।


